
ਲਖਨਊ: ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਤੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਅੰਬੇਦਕਰ ਜੈਅੰਤੀ ਮੌਕੇ ਭਾਜਪਾ ਸਰਕਾਰ ਨੂੰ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਬਸਪਾ ਸੁਪਰੀਮੋ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨੀਤ ਸਾਫ਼ ਹੈ ਤਾਂ ਉਨ੍ਹਾਂ ਨੂੰ ਅਦਾਲਤ ਦੇ ਫ਼ੈਸਲੇ ਦਾ ਇੰਤਜ਼ਾਰ ਕਰਨ ਦੀ ਬਜਾਇ SC/ST ਐਕਟ ਨੂੰ ਤੁਰੰਤ ਪ੍ਰਭਾਵਸ਼ਾਲੀ ਬਣਾਉਣਾ ਚਾਹੀਦਾ ਹੈ।
ਅੰਬੇਦਕਰ ਜੈਅੰਤੀ ਮੌਕੇ ‘ਤੇ ਮਾਇਆਵਤੀ ਨੇ ਇੱਕ ਬਿਆਨ ਜਾਰੀ ਕਰ ਕਿਹਾ ਕਿ ਬਾਬਾ ਸਾਹਿਬ ਦੇ ਨਾਂਅ ਤੋਂ ਯੋਜਨਾਵਾਂ ਸ਼ੁਰੂ ਕਰਨ ਤੇ ਉਨ੍ਹਾਂ ਨਾਲ ਸਬੰਧਤ ਸਮਾਰਕਾਂ ਦੇ ਉਦਘਾਟਨ ਨਾਲ ਦਲਿਤਾਂ ਦਾ ਵਿਕਾਸ ਨਹੀਂ ਹੋਣ ਵਾਲਾ ਹੈ।
ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਲਾਉਂਦਿਆਂ ਮਾਇਆਵਤੀ ਨੇ ਕਿਹਾ ਕਿ ਅੱਜ ਦੇਸ਼ ਭਰ ਵਿੱਚ ਦਲਿਤਾਂ ਦਾ ਸੋਸ਼ਣ ਹੋ ਰਿਹਾ ਹੈ। ਬੀਜੇਪੀ ਜੇਕਰ ਬਾਬਾ ਸਾਹਿਬ ਦੇ ਉਪਾਸ਼ਕਾਂ ਦਾ ਭਲਾ ਕਰਨਾ ਚਾਹੁੰਦੀ ਹੈ ਤਾਂ ਇਮਾਨਦਾਰੀ ਨਾਲ ਕੰਮ ਕਰੇ ਤਾਂ ਹੀ ਦਲਿਤਾਂ ਦੇ ਦਿਲ ਵਿੱਚ ਕੋਈ ਸਥਾਨ ਪਾ ਸਕਦੀ ਹੈ।
ਮਾਇਆਵਤੀ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰ ਦਿੰਦੀ ਤਾਂ ਦਲਿਤਾਂ ਨੂੰ ਭਾਰਤ ਬੰਦ ਨਹੀਂ ਕਰਨਾ ਪੈਂਦਾ।